ਟਾਕਾਨੀਨੀ ਸੜਕ ਹਾਦਸੇ ਵਿੱਚ ਮਾਰੇ ਗਏ ਤਿੰਨੇ ਨੌਜਵਾਨ ਭਾਰਤੀ ਪੰਜਾਬੀ
November 11, 2026 / international
Punjabi Pehchan /
Auckland: ਨਿਊਜ਼ੀਲੈਂਡ
ਮਰਨ ਵਾਲਿਆਂ ਵਿੱਚ 1 ਲੜਕੀ ਤੇ 2 ਲੜਕੇ ਸ਼ਾਮਲ
ਪਰਿਵਾਰਾਂ ਦੀ ਇੱਛਾ ਅਨੁਸਾਰ ਤਿੰਨਾਂ ਮ੍ਰਿਤਕਾਂ ਦੀਆਂ ਦੇਹਾਂ ਭਾਰਤ ਭੇਜੀਆਂ ਜਾਣਗੀਆਂ
ਆਕਲੈਂਡ: ਨਿਊਜ਼ੀਲੈਂਡ ਦੇ ਟਾਕਾਨੀਨੀ ਇਲਾਕੇ ਵਿੱਚ ਦੀਵਾਲੀ ਵਾਲੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਤਿੰਨੇ ਨੌਜਵਾਨ ਭਾਰਤੀ ਪੰਜਾਬੀ ਸਨ। ਇਨ੍ਹਾਂ ਵਿੱਚ ਇੱਕ ਲੜਕੀ ਅਤੇ ਦੋ ਲੜਕੇ ਸ਼ਾਮਲ ਸਨ। ਇਹ ਜਾਣਕਾਰੀ ਸੁਪਰੀਮ ਸਿੱਖ ਸੁਸਾਇਟੀ ਦੇ ਸ. ਦਲਜੀਤ ਸਿੰਘ ਵੱਲੋਂ ਪਰਿਵਾਰਕ ਸੂਤਰਾਂ ਦੇ ਹਵਾਲੇ ਨਾਲ ਸਾਂਝੀ ਕੀਤੀ ਗਈ ਹੈ।
ਦਲਜੀਤ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਮ੍ਰਿਤਕਾਂ ਦੇ ਨਾਵਾਂ ਜਾਂ ਹੋਰ ਨਿੱਜੀ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਸਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾ ਸਕਣਗੇ।
ਪਰਿਵਾਰਾਂ ਦੀ ਇੱਛਾ ਅਨੁਸਾਰ ਤਿੰਨਾਂ ਮ੍ਰਿਤਕਾਂ ਦੀਆਂ ਦੇਹਾਂ ਭਾਰਤ ਭੇਜੀਆਂ ਜਾਣਗੀਆਂ। ਸੁਪਰੀਮ ਸਿੱਖ ਸੁਸਾਇਟੀ ਵੱਲੋਂ ਪੀੜਤ ਪਰਿਵਾਰਾਂ ਨਾਲ ਸੰਪਰਕ ਬਣਾਇਆ ਹੋਇਆ ਹੈ ਅਤੇ ਉਨ੍ਹਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ।
ਦਲਜੀਤ ਸਿੰਘ, ਜੋ ਸੁਪਰੀਮ ਸਿੱਖ ਸੁਸਾਇਟੀ ਦੇ ਨੁਮਾਇੰਦੇ ਅਤੇ ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਹਨ, ਨੇ ਸਮੁੱਚੇ ਭਾਈਚਾਰੇ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਦੋਸਤਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਭਾਈਚਾਰੇ ਨੂੰ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਜਾਵੇਗੀ।
The Three Young Indian Punjabis Killed In The Takanini Road Accident